ਖੇਤੀਬਾੜੀ, ਬਾਗਬਾਨੀ, ਉਦਯੋਗ ਅਤੇ ਕਿਸਾਨ ਮਿਲ ਕੇ ਪਰਾਲੀ ਸਾੜਨ ਤੋਂ ਰੋਕਣ ਦੀ ਪਹਿਲ ‘ਤੇ ਕਰਨਗੇ ਕੰਮ
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਧਿਕਾਰੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕਰਕੇ ਪਰਾਲੀ ਸਾੜਨ ਦੇ ਕਾਰਨਾਂ ਅਤੇ ਇਸ ਨੂੰ ਨਾ ਸਾੜਨ ਦੇ ਫਾਇਦਿਆਂ ਬਾਰੇ ਕੀਤਾ ਵਿਚਾਰ ਵਟਾਂਦਰਾ
ਕਿਹਾ, ਪਰਾਲੀ ਦਾ ਖੇਤਾਂ ਵਿਚ ਹੀ ਮਸ਼ੀਨਰੀ ਰਾਹੀਂ ਸਹੀ ਪ੍ਰਬੰਧਨ ਕਰਨ ਕਿਸਾਨ
ਕਿਸਾਨ ਆਈ-ਖੇਤ ਐਪ ‘ਤੇ ਮਸ਼ੀਨਰੀ ਦੀ ਉਪਲਬਧਤਾ ਦੀ ਜਾਂਚ ਕਰ ਸਕਦੇ ਹਨ
ਹੁਸ਼ਿਆਰਪੁਰ, : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਭਾਗੀਦਾਰੀ’ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਖੇਤੀਬਾੜੀ, ਬਾਗਬਾਨੀ, ਉਦਯੋਗ ਅਤੇ ਕਿਸਾਨ ਇਕੱਠੇ ਹੋ ਕੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਪਹਿਲ ‘ਤੇ ਕੰਮ ਕਰਨਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਪਰੋਕਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਅੱਗ ਲਾਉਣ ਵਾਲੇ ਦੋਵਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਗੱਲ ਸੁਣੀ ਅਤੇ ਭਰੋਸਾ ਦਿੱਤਾ ਕਿ ‘ਭਾਗੀਦਾਰੀ’ ਪ੍ਰੋਜੈਕਟ ਰਾਹੀਂ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਬਹੁਤ ਘੱਟ ਹਨ ਅਤੇ ਇਸ ਸਾਲ ਵੀ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕਮੀ ਆਈ ਹੈ।
ਉਨ੍ਹਾਂ ਸਦੱਸਿਆ ਕਿ ਸਾਲ 2020 ਵਿਚ ਜ਼ਿਲੇ ‘ਚ ਸਾੜਨ ਦੇ 407 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਇਸ ਸਾਲ ਸਿਰਫ਼ 328 ਮਾਮਲੇ ਸਾਹਮਣੇ ਆਏ ਹਨ, ਜੋ ਕਿ ਮਹਿਕਮੇ ਅਤੇ ਕਿਸਾਨਾਂ ਦੀ ਸ਼ਮੂਲੀਅਤ ਸਦਕਾ ਹੀ ਸੰਭਵ ਹੋ ਪਾਇਆ ਹੈ। ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਬਹੁਤ ਹੀ ਗੰਭੀਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਖ਼ਤ ਰੁਖ਼ ਅਪਣਾਇਆ ਜਾ ਸਕਦਾ ਹੈ। ‘ਭਾਗੀਦਾਰੀ’ ਪ੍ਰੋਜੈਕਟ ਸ਼ੁਰੂ ਕਰਨ ਦਾ ਇਹੀ ਉਦੇਸ਼ ਹੈ ਕਿ ਸਾਰੇ ਸਬੰਧਿਤ ਵਿਭਾਗ, ਉਧਯੋਗ ਅਤੇ ਕਿਸਾਨ ਮਿਲ ਕੇ ਇਸ ਵਿਸ਼ੇ ‘ਤੇ ਕੰਮ ਕਰਨ ਤਾਂ ਜੋ ਜ਼ਿਲ੍ਹੇ ਨੂੰ ਪਰਾਲੀ ਜਲਾਉਣ ਤੋਂ ਮੁਕਤ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਬਲਾਕ ਖੇਤੀਬਾੜੀ ਅਫ਼ਸਰਾਂ ਅਤੇ ਕਿਸਾਨਾਂ ਦੇ ਤਜਰਬੇ ਸੁਣੇ ਅਤੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਬਹੁਤ ਅਗਾਂਹਵਧੂ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਾਲ ਦੌਰਾਨ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਵੇਗਾ।ਜਿੱਥੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਕਿਸਾਨਾਂ ਨੂੰ ਜਾਗਰੂਕਤਾ ਮੁਹਿੰਮਾਂ ਰਾਹੀਂ ਜਾਗਰੂਕ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਸ਼ੀਨਰੀ ਨਾਲ ਢੁਕਵਾਂ ਪ੍ਰਬੰਧ ਕਰਨ ਦੀ ਅਪੀਲ ਕੀਤੀ। ਬਿਨਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨ ਹਾਰਵੈਸਟਰ ਦੀ ਵਰਤੋਂ ਕਰਨ ਤੋਂ ਬਾਅਦ ਕਿਸਾਨਾਂ ਵੱਲੋਂ ਖੇਤਾਂ ਵਿਚ ਪਈ ਝੋਨੇ ਦੀ ਪਰਾਲੀ ਨੂੰ ਆਮ ਤੌਰ ‘ਤੇ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਾਰਨ ਧਰਤੀ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਹੋਰ ਜਾਨਵਰਾਂ ‘ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ।
ਅਪਨੀਤ ਰਿਆਤ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਮਸ਼ੀਨਾਂ ਕਿਸਾਨਾਂ ਖਾਸ ਕਰਕੇ ਸੂਬੇ ਦੇ ਬਹੁ-ਗਿਣਤੀ ਵਾਲੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਕਿਰਾਏ ‘ਤੇ ਦੇਣ ਲਈ ਵਾਜਬ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ। ਕਸਟਮ ਹਾਇਰਿੰਗ ਸੈਂਟਰਾਂ ਦੀ ਸੂਚੀ ਅਤੇ ਉਨ੍ਹਾਂ ਕੋਲ ਉਪਲਬਧ ਮਸ਼ੀਨਾਂ ਲਈ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਤੋਂ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਦੀ ਮਦਦ ਨਾਲ ਮਸ਼ੀਨਾਂ ਦੀ ਉਪਲਬਧਤਾ ਦਰਸਾਉਣ ਲਈ ਸਰਕਾਰ ਵੱਲੋਂ ਇੱਕ ਮੋਬਾਈਲ ਐਪ ਆਈ-ਖੇਤ ਪੰਜਾਬ ਵੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕਿਸਾਨ ਆਪਣੇ ਆਪ ਨੂੰ ਰਜਿਸਟਰ ਕਰਵਾਉਂਦੇ ਹਨ ਅਤੇ ਕੁਝ ਕਿਲੋਮੀਟਰ ਦੇ ਦਾਇਰੇ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਅਤੇ ਉਹਨਾਂ ਤੋਂ ਉਪਲੱਬਧ ਮਸ਼ੀਨਾਂ ਦਾ ਵੇਰਵਾ ਪ੍ਰਾਪਤ ਕਰਕੇ ਮਸ਼ੀਨਾਂ ਨੂੰ ਕਿਰਾਏ ‘ਤੇ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਕਿਸਾਨਾਂ ਨਾਲ ਮੀਟਿੰਗਾਂ ਦਾ ਦੌਰ ਇਸੇ ਤਰ੍ਹਾਂ ਜਾਰੀ ਰਹੇਗਾ ਤਾਂ ਜੋ ਕਿਸਾਨਾਂ ਦੀ ਸਹੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਆਦਿਤਿਆ ਮਦਾਨ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ, ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀ, ਕਿਸਾਨ ਅਤੇ ਉਦਯੋਗਪਤੀ ਵੀ ਹਾਜ਼ਰ ਸਨ।