ਕਿਸਾਨਾਂ ਦੇ ਖਾਤਿਆਂ ’ਚ ਕੀਤੀ ਜਾ ਚੁੱਕੀ ਹੈ 424.69 ਕਰੋੜ ਰੁਪਏ ਦੀ ਸਿੱਧੀ ਅਦਾਇਗੀ

ਕਿਸਾਨਾਂ ਨੂੰ ਮੰਡੀਆਂ ’ਚ ਸੁਕਾ ਕੇ ਹੀ ਫ਼ਸਲ ਲਿਆਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਬੀਤੀ ਸ਼ਾਤ ਤੱਕ ਮੰਡੀਆਂ ’ਚ ਫ਼ਸਲ ਵੇਚਣ ਆਏ ਕਿਸਾਨਾਂ ਦੇ ਖਾਤਿਆਂ ਵਿਚ 424.69 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ, ਜੋ ਕਿ 97 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 74 ਮੰਡੀਆਂ ਵਿਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 248877 ਮੀਟ੍ਰਿਕ ਟਨ ਕਣਦ ਦੀ ਆਮਦ ਹੋ ਚੁੱਕੀ ਹੈ, ਜਦ ਕਿ ਵੱਖ-ਵੱਖ ਏਜੰਸੀਆਂ ਵਲੋਂ 248797 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 71302 ਮੀਟ੍ਰਿਕ ਟਨ, ਮਾਰਕਫੈਡ ਵਲੋਂ 59942, ਪਨਸਪ ਵਲੋਂ 57515, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 34904, ਐਫ.ਸੀ.ਆਈ. ਵਲੋਂ 20476 ਅਤੇ ਵਪਾਰੀਆਂ ਵਲੋਂ 4658 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਕਿਸਾਨਾਂ ਦੀ ਸੁਵਿਧਾ ਲਈ ਸ਼ੈਡ, ਪੱਖੇ, ਪੀਣ ਵਾਲਾ ਪਾਣੀ ਆਦਿ ਦੀ ਵੀ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।