ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ) ਪੰਜਾਬ ਵੱਲੋਂ ਅੱਜ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਪੰਜਾਬ ਰਾਜ ਪ੍ਰਤਿਭਾ ਖੋਜ਼ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ।ਜਿਸ ਤਹਿਤ ਵਿੱਚ ਜਿਲ੍ਹੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ 1885 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿੰਨ੍ਹਾਂ ਵਿੱਚ ਦਸਵੀਂ ਜਮਾਤ ਦੇ 943 ਅਤੇ ਅੱਠਵੀਂ ਜਮਾਤ ਦੇ 942 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਜੀਤ ਸਿੰਘ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਕਰਵਾਈ ਗਈ ਰਾਜ ਪੱਧਰ ‘ਤੇ ਕਰਵਾਈ ਗਈ ਉਕਤ ਪ੍ਰੀਖਿਆ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ‘ਚ ਪੂਰੇ ਅਨੁਸ਼ਾਸ਼ਤ ਤਰੀਕੇ ਨਾਲ ਨੇਪਰੇ ਚੜ੍ਹ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਰਾਹੀਂ ਕੁਆਲੀਫਾਈ ਕਰਨ ਵਾਲੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਤੱਕ ਅਤੇ ਦਸਵੀਂ ਜਮਾਤ ਵਾਲੇ ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ 200 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਮਿਲਦਾ ਹੈ। ਡੀ.ਈ.ਓ (ਸੈ.) ਹਰਜੀਤ ਸਿੰਘ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ‘ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਿਦਆਰਥੀਆਂ ਨੂੰ ਉਕਤ ਪ੍ਰੀਖਿਆਵਾਂ ਸਬੰਧੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਸੀ। ਜਿਸ ਤਹਿਤ ਵਿਭਾਗ ਦੇ ਅਧਿਕਾਰੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ‘ਤੇ ਅਧਾਰਤ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿੰਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ ਮਿਆਰੀ ਸਮੱਗਰੀ ਮੁਹੱਈਆ ਕਰਵਾਈ ਗਈ ਸੀ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਉਕਤ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਸੀ।ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾਏ ਗਏ ਸਨ ਅਤੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਮਾਹਿਰਾਂ ਰਾਹੀਂ ਵਿਦਿਆਰਥੀਆਂ ਨੂੰ ਉਕਤ ਪ੍ਰੀਖਿਆ ਲਈ ਆਨਲਾਈਨ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ। ਜਿਸ ਤੋਂ ਵਧੀਆ ਨਤੀਜੇ ਆਉਣ ਦੀ ਉਮੀਦ ਬੱਝਦੀ ਹੈ। ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ) ਰਾਕੇਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਨਿਰੀਖਣ ਲਈ ਵੱਖ-ਵੱਖ ਨੋਡਲ ਅਫਸਰਾਂ ਦੀ ਦੇਖ-ਰੇਖ ‘ਚ ਵਿਸ਼ੇਸ਼ ਚੈਕਿੰਗ ਟੀਮਾਂ ਬਣਾਈਆਂ ਗਈਆਂ ਸਨ। ਇਸ ਮੌਕੇ ਸਿੱਖਿਆ ਸੁਧਾਰ ਟੀਮ ਦੇ ਮੁਖੀ ਪ੍ਰਿੰ. ਸ਼ੈਲੇਂਦਰ ਠਾਕੁਰ ਅਤੇ ਹੋਰ ਅਧਿਕਾਰੀ ਹਾਜਰ ਸਨ।