ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਅਤੇ ਸੀਪੀਐੱਫ. ਕਰਮਚਾਰੀ ਯੂਨੀਅਨ ਪੰਜਾਬ ਨੇ

ਭਵਾਨੀਗੜ੍ਹ,(ਵਿਜੈ ਗਰਗ): ਸੀਪੀਐੱਫ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਾਂਝੇ ਤੌਰ ਤੇ ਵਿੱਤ ਵਿਭਾਗ ਵੱਲੋਂ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਅੱਜ ਬਲਾਕ ਦੇ ਵੱਖ-ਵੱਖ ਵਿਭਾਗਾਂ ਵੱਲੋਂ ਵਿੱਤ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਮਿਡਲ ਸਕੂਲ ਸਾਹਪੁਰ, ਸਰਕਾਰੀ ਹਾਈ ਸਕੂਲ ਰਾਜਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਝੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੌਦੀ ਆਦਿ ਸਮੇਤ ਦਰਜਨਾਂ ਸਕੂਲਾਂ ਵਿੱਚ ਸਮੂਹ ਅਧਿਆਪਕਾਂ ਅਤੇ ਨਾਨ ਟੀਚਿੰਗ ਕਰਮਚਾਰੀਆਂ ਵੱਲੋਂ ਵਿੱਤ ਵਿਭਾਗ ਦੇ ਮਾਰੂ ਪੱਤਰ ਦੀ ਕਾਪੀਆਂ ਸਾੜੀਆਂ ਗਈਆਂ। ਸਰਕਾਰ ਦੇ ਇਸ ਫੈਸਲੇ ਨਾਲ ਢਾਈ ਲੱਖ ਦੇ ਕਰੀਬ ਮੁਲਾਜਮਾਂ ਤੇ ਆਰਥਿਕ ਬੋਝ ਪਵੇਗਾ।ਉਨ੍ਹਾਂ ਜਾਣਕਾਰੀ ਦਿੱਤੀ ਕਿ ਨਿਊ ਪੈਨਸ਼ਨ ਸਕੀਮ ਦੇ ਕੰਟਰੀਬਿਊਟਰੀ ਪ੍ਰੋਵੀਡੈਂਟ ਫੰਡ ਵਿੱਚ ਸਰਕਾਰ ਦਾ ਹਿੱਸਾ ਕਰਮਚਾਰੀ ਦੀ ਮੁਢਲੀ ਤਨਖਾਹ ਦਾ 14 ਫੀਸਦੀ ਕੀਤਾ ਗਿਆ ਹੈ, ਜਦੋਂ ਕਿ ਕਰਮਚਾਰੀ ਦਾ ਹਿੱਸਾ 10 ਫੀਸਦੀ ਹੀ ਹੈ।ਪਹਿਲਾਂ ਸਰਕਾਰ ਦੇ ਸਾਰੇ ਹਿੱਸੇ ਨੂੰ ਕਰਮਚਾਰੀ ਦੀ ਕੁੱਲ ਟੈਕਸਯੋਗ ਆਮਦਨ ਵਿਚੋਂ ਘਟਾ ਦਿੱਤਾ ਜਾਂਦਾ ਸੀ। ਪਰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਨਵੇਂ ਨੋਟੀਫਿਕੇਸਨ ਅਨੁਸਾਰ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦੇ ਤਾਂ ਸਾਰੇ 14 ਫੀਸਦੀ ਹਿੱਸੇ ਨੂੰ ਹੀ ਟੈਕਸ ਤੋਂ ਛੋਟ ਹੈ, ਪਰ ਰਾਜ ਸਰਕਾਰ ਦੇ ਕਰਮਚਾਰੀਆਂ ਨੂੰ ਪੈਨਸ਼ਨ ਫੰਡ ਵਿੱਚ ਆਪਣੇ 14 ਫੀਸਦੀ ਹਿੱਸੇ ਵਿੱਚੋਂ ਕੇਵਲ 10 ਫੀਸਦੀ  ਹੀ ਟੈਕਸ ਤੋਂ ਛੋਟ ਦਿੱਤੀ ਗਈ ਹੈ, ਜਦਕਿ ਬਾਕੀ 4 ਫੀਸਦੀ  ਟੈਕਸ ਯੋਗ ਕੁੱਲ ਆਮਦਨ ਵਿੱਚ ਜੋੜਿਆ ਜਾਵੇਗਾ।ਇਸ ਮਸਲੇ ਬਾਰੇ ਅਜੇ ਤੱਕ ਸੂਬਾ ਸਰਕਾਰ ਵੱਲੋਂ ਵੀ ਕੇਂਦਰ ਸਰਕਾਰ ਨੂੰ ਕੋਈ ਪੱਤਰ ਨਹੀਂ ਲਿਖਿਆ ਗਿਆ ਅਤੇ ਨਾ ਹੀ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰ ਦੇ ਕਰਮਚਾਰੀਆਂ ਨੂੰ ਇਹ ਛੋਟ ਦਿੱਤੀ ਹੈ। ਇਹ ਨਾ ਕੇਵਲ ਐਨਪੀਐਸ ਅਧੀਨ ਆਉਂਦੇ ਸਮੂਹ ਕਰਮਚਾਰੀਆਂ ਨਾਲ ਕੇਵਲ ਪੱਖਪਾਤ ਨਹੀਂ, ਸਗੋਂ ਘੋਰ ਬੇਇਨਸਾਫ਼ੀ ਵੀ ਹੈ। ਉਨਾਂ ਪੰਜਾਬ ਸਰਕਾਰ ਦੇ ਮੁਲਾਜਮ ਵਿਰੋਧੀ ਇਸ ਫੈਸਲੇ ਦੀ ਸਖਤ ਸਬਦਾਂ ਵਿੱਚ ਨਿਖੇਧੀ ਕਰਦੇ ਹੋਏ, ਐਨਪੀਐਸ ਦੇ ਘੇਰੇ ਵਿੱਚ ਆਉੰਦੇ ਸਮੂਹ ਮੁਲਾਜ਼ਮਾਂ ਨੂੰ 22 ਫਰਵਰੀ ਨੂੰ ਪੱਤਰ ਦੀਆਂ ਕਾਪੀਆ ਫੂਕਣ ਲਈ  ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਅੱਗੇ ਪਹੁੰਚਣ ਦੀ ਅਪੀਲ ਕੀਤੀ। ਬਲਾਕ ਦੇ ਵੱਖ-ਵੱਖ ਸਕੂਲਾਂ ’ਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਦਿੱਤੇ ਪ੍ਰੋਗਰਾਮ ਨੂੰ ਸਫਲ ਕਰਨ ਵਿੱਚ ਅਮਨ ਵਸ਼ਿਸ਼ਟ, ਕਰਮਜੀਤ ਨਦਾਮਪੁਰ, ਪ੍ਰੋ. ਰਵਿੰਦਰ ਸਿੰਘ, ਮਾਲਵਿੰਦਰ ਸਿੰਘ, ਕੁਲਵੀਰ ਸਿੰਘ, ਏਕਮ ਸਿੰਘ, ਜਗਤਾਰ ਸਿੰਘ, ਪਵਨ ਕੁਮਾਰ, ਜਰਨੈਲ ਸਿੰਘ, ਮੈਡਮ ਸਬੀਨਾ ਅਗਰਵਾਲ ਆਦਿ ਦਾ ਉਚੇਚਾ ਯੋਗਦਾਨ ਰਿਹਾ।

Previous articleਕਮਿਊਨਟੀ ਹੈਲਥ ਸੈਂਟਰ ਭਵਾਨੀਗੜ ਵਿਖੇ ਆਸ਼ਾ ਤੇ ਆਂਗਣਵਾੜੀ ਵਰਕਰਾਂ ਦੀ ਇਕ ਰੋਜ਼ਾ ਟ੍ਰੇਨਿੰਗ
Next articleਟੌਲ ਪਲਾਜਿਆਂ ਅਤੇ ਪੈਟਰੋਲ ਪੰਪ ਤੇ 141 ਵੇਂ ਦਿਨ ਵੀ ਧਰਨੇ ਜਾਰੀ ਰੱਖੇ