ਚੰਡੀਗੜ੍ਹ,(ਟਾਇਮਜ਼): ‘‘ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਜਿਸ ਸਮੇਂ ਪੰਜਾਬ ਅਤੇ ਦੇਸ਼ ਦਾ ਕਿਸਾਨ ਮੋਦੀ ਸਰਕਾਰ ਦੇ ਨਾਲ-ਨਾਲ ਕਰਪੋਰੇਟ ਘਰਾਣਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ਠੀਕ ਉਸੇ ਸਮੇਂ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਅਡਾਨੀ ਗਰੁੱਪ ਨਾਲ ਬਿਜਲੀ ਖ਼ਰੀਦ ਸਮਝੌਤਾ ਕਰਕੇ ਕਿਸਾਨ ਅੰਦੋਲਨ ਦੀ ਪਿੱਠ ਵਿਚ ਛੂਰਾਂ ਮਾਰਿਆ ਹੈ।’’ ਇਹ ਦੋਸ਼ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਲਗਾਏ ਹਨ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਅਤੇ ਕਾਰਪੋਰੇਟ ਘਰਾਣਿਆਂ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਕਥਨੀ ਅਤੇ ਕਰਨੀ ਵਿਚ ਦਿਨ-ਰਾਤ ਦਾ ਫਰਕ ਹੈ। ਇਕ ਪਾਸੇ ਕੈਪਟਨ ਅਤੇ ਕਾਂਗਰਸ ਖੇਤੀ ਕਾਨੂੰਨਾਂ ਵਿਰੁਧ ਤਰ੍ਹਾਂ ਤਰ੍ਹਾਂ ਦੀਆਂ ਡਰਾਮੇਬਾਜ਼ੀਆਂ ਕਰ ਰਹੇ ਹਨ, ਦੂਜੇ ਪਾਸੇ ਕੈਪਟਨ ਸਰਕਾਰ ਵਾਰ-ਵਾਰ ਖੇਤੀ ਕਾਨੂੰਨਾਂ ਅਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੁਰਦੀ ਆ ਰਹੀ ਹੈ। ਅਡਾਨੀ ਗਰੁੱਪ ਕੀਤੇ ਤਾਜ਼ਾ ਬਿਜਲੀ ਸਮਝੌਤੇ ਨੇ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਮੁੱਖ ਮੰਤਰੀ ਵਾਂਗ ਕੰਮ ਕਰ ਰਹੇ ਹਨ ਅਤੇ ਮੋਦੀ ਸਰਕਾਰ ਦੇ ਇਸ਼ਾਰਿਆਂ ਉੱਤੇ ਨੱਚਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਅਤੇ ਦੇਸ਼ ਦੇ ਕਿਸਾਨ 26 ਨਵੰਬਰ ਨੂੰ ਦਿੱਲੀ ਕੂਚ ਦੀ ਲਾਮਬੰਦੀ ਕਰ ਰਹੇ ਸਨ ਤਾਂ ਠੀਕ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਅਡਾਨੀ ਗਰੁੱਪ ਨਾਲ ਬਿਜਲੀ ਖ਼ਰੀਦਣ ਦੀ ਡੀਲ ਸਿਰੇ ਚੜਾ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਇਹ ਕਦਮ ਕਿਸਾਨੀ ਅੰਦੋਲਨ ਦਾ ਮਨੋਬਲ ਤੋੜਨ ਦੀ ਸਾਜਿਸ਼ ਤੋਂ ਘੱਟ ਨਹੀਂ ਹੈ, ਕਿਉਂਕਿ ਇਕ ਪਾਸੇ ਕਿਸਾਨ ਕਾਰਪੋਰੇਟ ਘਰਾਣਿਆਂ ਨਾਲ ਸੰਬੰਧਤ ਪੈਟਰੋਲ ਪੰਪਾਂ, ਮੌਲ, ਟੋਲ ਪਲਾਜ਼ਿਆਂ ਅਤੇ ਸੈਲੋ ਗੁਦਾਮਾਂ ਸਮੇਤ ਹੋਰ ਕਾਰੋਬਾਰਾਂ ਦਾ ਬਾਈਕਾਟ ਕਰ ਰਹੇ ਹਨ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਡਾਨੀ ਗਰੁੱਪ ਨੂੰ ਪੰਜਾਬ ’ਚ ਬਿਜਲੀ ਦੇ ਕਾਰੋਬਾਰ ਦਾ ਤੋਹਫਾ ਦੇ ਦਿੱਤਾ। ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਨੈਤਿਕ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਗਿਆ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮਾਫੀਆ ਨੂੰ ਨੱਥ ਪਾਉਣ ਦੀ ਥਾਂ ਤੇ ਪਿਛਲੀ ਬਾਦਲ ਸਰਕਾਰ ਵਾਂਗ ਹਿੱਸਾਪੱਤੀ (ਦਲਾਲੀ) ਨੂੰ ਹੀ ਤਰਜ਼ੀਹ ਦਿੱਤੀ, ਜੇਕਰ ਕੈਪਟਨ ਅਮਰਿੰਦਰ ਸਿੰਘ ਲੋਕ ਹਿਤੈਸ਼ੀ ਹੁੰਦੇ ਤਾਂ ਉਹ ਮੋਦੀ ਸਰਕਾਰ ਦੇ ਦਬਾਅ ਹੇਠ ਆ ਕੇ ਅਡਾਨੀ ਗਰੁੱਪ ਨਾਲ ਬਿਜਲੀ ਸਮਝੌਤਾ ਨਾ ਕਰਦੇ ਅਤੇ ਆਪਣੇ ਚੋਣ ਵਾਅਦੇ ਅਨੁਸਾਰ ਬਾਦਲਾਂ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਮਹਿੰਗੇ ਅਤੇ ਇਕ ਤਰਫਾ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਵੀ ਰੱਦ ਕਰਦੇ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਸਵਾਲ ਕਰਦਿਆਂ ਕਿਹਾ ਕਿ ਇਕ ਪਾਸੇ ਉਹ ਕਿਸਾਨਾਂ ਦੇ ਹੱਕ ਵਿਚ ਟਰੈਕਟਰ ਰੈਲੀਆਂ ਕਰ ਰਹੇ ਹਨ, ਦੂਜੇ ਪਾਸੇ ਉਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਕਾਰਪੋਰੇਟ ਘਰਾਣਿਆਂ ਨਾਲ ਸਮਝੌਤੇ ਕਰ ਰਹੇ ਹਨ, ਕੀ ਉਹ ਕਾਂਗਰਸ ਨੂੰ ਦੱਸੇ ਬਿਨਾਂ ਹੀ ਅਜਿਹੇ ਸਮਝੌਤੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਸਾਇਦ ਕੈਪਟਨ ਸਾਹਿਬ ਇਹ ਹੀ ਦੱਸਣ ਆਏ ਸਨ ਕਿ ਉਨ੍ਹਾਂ ਦੇ ਹੁਕਮ ਮੁਤਾਬਕ ਅਡਾਨੀ ਨਾਲ ਸਮਝੌਤਾ ਕਰ ਲਿਆ ਗਿਆ ਹੈ, ਹੁਣ ਈਡੀ ਪਖੋਂ ਮਿਹਰਬਾਨੀ ਰੱਖਣਾ।
Post Views: 88