ਕਿਹਾ, ਪਿਛਲੇ ਇੱਕ ਸਾਲ ’ਚ ਹੀ ਸਰਕਾਰ ਨੇ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਹੀ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ ਅਤੇ ਹਰ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਯੋਗ ਉਪਰਾਲੇ ਕੀਤੇ ਹਨ। ਉਹ ਪਿੰਡ ਰਾਮਗੜ੍ਹ ਦੀ ਪੰਚਾਇਤ ਨੂੰ ਪਿੰਡ ਦੇ ਕਮਿਊਨਿਟੀ ਹਾਲ ਲਈ 15 ਲੱਖ ਰੁਪਏ ਦਾ ਚੈੱਕ ਸੌਂਪਣ ਸਮੇਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ  ਹੈ ਅਤੇ ਸਰਕਾਰ ਦੁਆਰਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ।ਮੰਤਰੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉੱਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਮੌਕੇ ’ਤੇ ਹੀ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ, ਉੱਥੇ ਸਬੰਧਤ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈਣ ਦੀ ਅਪੀਲ ਵੀ ਕੀਤੀ।ਇਸ ਮੌਕੇ ਪਿੰਡ ਦੀ ਸਰਪੰਚ ਬੀਨਾ ਕੁਮਾਰੀ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।