ਜ਼ਿਲ੍ਹਾ ਪ੍ਰਸ਼ਾਸਨ ਨੂੰ ਸੜਕ ਦੁਰਘਟਨਾ ’ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਲਦ ਤੋਂ ਜਲਦ ਡਿਪੈਂਡੈਂਟ ਸਰਟੀਫਿਕੇਟ ਜਾਰੀ ਕਰਨ ਦੀ ਕੀਤੀ ਹਦਾਇਤ
ਲੋਕਾਂ ਨੂੰ 14 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦਾ ਲਾਭ ਉਠਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ,
: ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਨੇ ਅੱਜ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਦੀ ਮੀਟਿੰਗ ਕੀਤੀ। ਉਨ੍ਹਾਂ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਦਾ ਲਾਭ ਲੈਣਾ ਚਾਹੀਦਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਕਿਸੇ ਮੈਂਬਰ ਦੀ ਕੋਵਿਡ-19 ਕਾਰਨ ਮੌਤ ਹੋਈ ਹੈ, ਉਨ੍ਹਾਂ ਦੀ ਸੂਚੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਸੌਂਪੀ ਜਾਵੇ ਤਾਂ ਜੋ ਅਥਾਰਟੀ ਆਪਣੇ ਪੱਧਰ ’ਤੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਸਹਾਇਤਾ ਦਿਲਵਾਉਣ ਵਿਚ ਮਦਦ ਕਰ ਸਕੇ। ਉਨ੍ਹਾਂ ਐਸ.ਡੀ.ਐਮ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਸੜਕ ਦੁਰਘਟਨਾ ਵਿਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਾਰੀ ਹੋਣ ਵਾਲਾ ਡਿਪੈਂਡੈਂਟ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ ਤਾਂ ਜੋ ਕੰਪਨਸੇਸ਼ਨ ਟੂ ਵਿਕਟਮ ਤਹਿਤ ਮ੍ਰਿਤਕ ਦੇ ਆਸ਼ਰਿਤ ਨੂੰ ਮਿਲਣ ਵਾਲਾ ਦੋ ਲੱਖ ਰੁਪਏ ਦਾ ਮੁਆਵਜਾ ਸਮੇਂ ਸਿਰ ਮਿਲ ਸਕੇ। ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ ਨੇ ਦੱਸਿਆ ਕਿ 14 ਮਈ ਨੂੰ ਜਿਲ੍ਹੇ ਵਿਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕ ਅਦਾਲਤ ਦਾ ਵੱਧ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਵਿਚ ਲਗਾਏ ਜਾਣ। ਇਸ ਨਾਲ ਸਮੇਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ। ਮੀਟਿੰਗ ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ, ਸੀ.ਜੇ.ਐਮ.ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ, ਐਸ.ਡੀ.ਐਮ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਅਟਾਰਨੀ ਦਵਿੰਦਰ ਕੁਮਾਰ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਵੀਰ ਸਿੰਘ ਰਿਹਲ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਨਾਮੀਨੇਟਿਡ ਮੈਂਬਰ ਆਗਿਆ ਪਾਲ ਸਿੰਘ ਸਾਹਨੀ ਤੇ ਦਰਸ਼ਨ ਕੌਸ਼ਲ ਵੀ ਮੌਜੂਦ ਸਨ।