ਸ਼ਹਿਰ ਦੇ ਹਰ ਵਾਰਡ ਦਾ ਕੀਤਾ ਜਾਵੇਗਾ ਸਰਬਪੱਖੀ ਵਿਕਾਸ: ਬ੍ਰਮ ਸ਼ੰਕਰ ਜਿੰਪਾ
ਮੰਤਰੀ ਨੇ ਵਾਰਡ ਨੰਬਰ 28 ਵਿੱਚ 29 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਟਿਊਬਵੈੱਲ ਲੋਕਾਂ ਨੂੰ ਕੀਤਾ ਸਮਰਪਿਤ
ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਹਰ ਲੋੜ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇਗਾ। ਉਹ ਵਾਰਡ ਨੰਬਰ 28 ਵਿਚ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈੱਲ ਦਾ ਲੋਕ ਅਰਪਣ ਕਰਨ ਮੌਕੇ ਵਾਰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਇਹ ਮੁੱਢਲੀ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਵਾਰਡ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਇੱਥੇ ਟਿਊਬਵੈੱਲ ਲਗਾਉਣ ਦੀ ਮੰਗ ਸੀ,ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਟਿਊਬਵੈੱਲ ਲਗਾਉਣ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਦਾ ਲੋਕਾਂ ਨੂੰ ਪੂਰਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੇ 600 ਯੂਨਿਟ ਬਿਜਲੀ ਮੁਆਫੀ ਦੀ ਗੱਲ ਹੋਵੇ ਜਾਂ ਆਮ ਆਦਮੀ ਕਲੀਨਿਕ ਦੀ, ਸੂਬੇ ਦੇ ਲੋਕ ਹਰ ਸਕੀਮ ਤੋਂ ਖੁਸ਼ ਹਨ।ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਗਰ ਨਿਗਮ ਵਿੱਤ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਐਕਸੀਅਨ ਵਾਟਰ ਸਪਲਾਈ ਸਿਮਰਨਜੀਤ ਸਿੰਘ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।