ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਹੁਣ ਸੂਬੇ ਦੇ ਸਾਰੇ ਮੁੱਖ 24 ਸ਼ਹਿਰਾਂ ਵਿਚ ਹੋਈਆਂ ਚਾਲੂ : ਡਿਪਟੀ ਕਮਿਸ਼ਨਰ
ਟੋਲ ਫਰੀ ਨੰਬਰ 7669 400 500 ’ਤੇ ਮਿਸਡ ਕਾਲ ਦੇ ਕੇ ਮੁਫ਼ਤ ਵਿਚ ਯੋਗਾ ਕਲਾਸਾਂ ਦਾ ਲਿਆ ਜਾ ਸਕਦੈ ਲਾਭ
ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਪਹਿਲ ਤਹਿਤ ਸ਼ੁਰੂ ਕੀਤੀ ਗਈ ਸੀ.ਐਮ.ਦੀ ਯੋਗਸ਼ਾਲਾ ਦੀਆਂ ਕਲਾਸਾਂ ਹੁਣ ਸੂਬੇ ਦੇ ਸਾਰੇ ਮੁੱਖ 24 ਸ਼ਹਿਰਾਂ ਵਿਚ ਚਾਲੂ ਹੋਣ ਜਾ ਰਹੀਆਂ ਹਨ। ਇਹ ਜਾਣਕਾਰਾੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿਚ ਸ਼ੁਰੂ ਕੀਤੀ ਗਈ ਸੀ। ਪਹਿਲੇ ਪੜਾਅ ਨੂੰ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿਚ ਲਾਂਚ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੂਸਰਾ ਪੜਾਅ 20 ਜੂਨ, 2023 ਨੂੰ 5 ਸ਼ਹਿਰਾਂ ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ.ਨਗਰ (ਮੁਹਾਲੀ), ਸੰਗਰੂਰ ਅਤੇ ਬਠਿੰਡਾ ਵਿਖੇ ਸ਼ੁਰੂ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਆਪਣੇ ਤੀਸਰੇ ਪੜਾਅ ਵਿਚ ਇਹ ਯੋਜਨਾ ਪੰਜਾਬ ਦੇ 15 ਸ਼ਹਿਰਾਂ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨ ਤਾਰਨ ਅਤੇ ਮਲੇਰਕੋਟਲਾ ਵਿੱਚ 5 ਅਕਤੂਬਰ, 2023 ਤੋਂ ਲਾਗੂ ਕੀਤੀ ਜਾਵੇਗੀ। ਇਹ ਸਾਰੇ ਪੜਾਅ ਸੰਯੁਕਤ ਰੂਪ ਵਿੱਚ ਪੰਜਾਬ ਰਾਜ ਦੇ ਸਾਰੇ ਪ੍ਰਮੁੱਖ ਸ਼ਹਿਰਾਂ/ ਮੁੱਖ ਜ਼ਿਲ੍ਹਾ ਦਫ਼ਤਰਾਂ ਨੂੰ ਕਵਰ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲੇ ਅਤੇ ਦੂਜੇ ਪੜਾਅ ਵਿਚ ਹਰ ਦਿਨ 300 ਤੋਂ ਜ਼ਿਆਦਾ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਅਤੇ 10,000 ਤੋਂ ਜ਼ਿਆਦਾ ਨਾਗਰਿਕ ਯੋਗ ਦਾ ਅਭਿਆਸ ਕਰ ਪਾ ਰਹੇ ਹਨ। ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਥਾਵਾਂ ਤੇ ਜਿਵੇਂ ਕਿ ਪਾਰਕ/ ਜਨਤਕ ਥਾਂ ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਵੇਗੀ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟਰੇਂਡ ਇੰਸਟਰੱਕਟਰ ਘਰ ਭੇਜੇਗੀ। ਜੇਕਰ ਲੋਕ ਚਾਹੁਣ ਤਾਂ ਉਹ ਖੁਦ/ਇਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਣਗੇ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫਰੀ ਨੰਬਰ 7669400500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ਤੇ ਲੌਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਤੋਂ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ’ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala0punjb.gov.in ਤੇ ਈਮੇਲ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਸੀ ਐਮ ਦੀ ਯੋਗਸ਼ਾਲਾ’ ਮੁਹਿੰਮ ਲੋਕਾਂ ਵਿਚ ਯੋਗਾ ਅਭਿਆਸ ਕਰਕੇ ਚੰਗੀ ਸਿਹਤ ਅਤੇ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇਕ ਅਹਿਮ ਭੂਮਿਕਾ ਨਿਭਾਏਗੀ।