ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਦੀ ਆਮਦ ਤੇ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਵਿੱਚ ਜਿਲ੍ਹੇ ਵਿਚ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਡੇਂਗੂ ਅਤੇ ਮਲੇਰੀਆ ਪ੍ਰਤੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਪ੍ਰਤੀ ਸੁਚੇਤ ਕੀਤਾ ਗਿਆ। ਇਸੇ ਤਹਿਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਐਂਟੀ ਲਾਰਵਾ ਦੀਆਂ ਟੀਮਾਂ ਵੱਲੋਂ ਘਰਾਂ ਦਾ ਦੌਰਾ ਕਰਕੇ ਡੇਂਗੂ ਸਰਵੇਖਣ ਕੀਤਾ ਗਿਆ। ਇਸ ਦੌਰਾਨ ਬਰੀਡਿੰਗ ਚੈਕਿੰਗ, ਪਾਣੀ ਦੀ ਨਿਕਾਸੀ ਚੈੱਕ ਕੀਤੀ ਗਈ ਅਤੇ ਜਿੱਥੋਂ ਮੱਛਰ ਦਾ ਲਾਰਵਾ ਮਿਲਿਆ ਉੱਥੇ ਲਾਰਵੀਸਾਈਡ ਸਪਰੇਅ ਅਤੇ ਆਈ.ਈ.ਸੀ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ। ਜਾਣਕਾਰੀ ਸਾਂਝੀ ਕਰਦੇ ਡਾ.ਜਗਦੀਪ ਸਿੰਘ ਨੇ ਦੱਸਿਆ ਬਰਸਾਤ ਦੇ ਮੌਸਮ ਦੀ ਆਮਦ ਸ਼ੁਰੂ ਹੁੰਦਿਆਂ ਹੀ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਅਤੇ ਜਿਲ੍ਹੇ ਭਰ ਦੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਘਰ-ਘਰ ਵਿਜ਼ਿਟ ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ, ਜਾਨਵਰਾਂ ਤੇ ਪੰਛੀਆਂ ਦੇ ਪਾਣੀ ਦੇ ਬਰਤਨ ਆਦਿ ਵਿੱਚ ਜਮ੍ਹਾ ਪਾਣੀ ਨੂੰ ਨਸ਼ਟ ਕਰਵਾਇਆ ਗਿਆ ਅਤੇ ਪੂਰੀ ਤਰ੍ਹਾਂ ਡਰਾਈ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।ਡਾ.ਜਗਦੀਪ ਨੇ ਕਿਹਾ ਕਿ ਸ਼ਹਿਰੀ ਖੇਤਰ ਦੀਆਂ ਟੀਮਾਂ ਵੱਲੋਂ ਇਸ ਹਫਤੇ ਦੌਰਾਨ 3175 ਘਰਾਂ ਵਿੱਚ ਦਸਤਕ ਦਿੱਤੀ ਗਈ ਅਤੇ ਜਿਨ੍ਹਾਂ 82 ਘਰਾਂ ਵਿੱਚ ਲਾਰਵਾ ਪਾਇਆ ਗਿਆ ਮੌਕੇ ਤੇ ਹੀ ਨਸ਼ਟ ਕਰ ਦਿੱਤਾ ਗਿਆ। ਡਾ.ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਜ਼ੋਨਲ ਕੀਟ-ਵਿਗਿਆਨੀ ਸੁਮੀਤ ਜਸੱਲ ਨੇ ਮਲਟੀ ਪਰਪਜ ਮੇਲ ਹੈਲਥ ਵਰਕਰਾਂ ਅਤੇ ਬਰੀਡਿੰਗ ਚੈਕਰਾਂ ਦੇ ਨਾਲ ਹੁਸ਼ਿਆਰਪੁਰ ਸ਼ਹਿਰ ਦੇ ਬੱਸ ਸਟੈਂਡ ਸਮੇਤ ਵੱਖ ਵੱਖ ਇਲਾਕਿਆਂ ਦਾ ਦੌਰਾ ਕੀਤਾ। ਉੱਥੇ ਲਾਰਵਾ ਵੀ ਪਾਇਆ ਗਿਆ ਅਤੇ ਕਈ ਪਾਣੀ ਦੇ ਟਾਇਰ ਵੀ ਖੁੱਲੇ ਵਿੱਚ ਪਏ ਸਨ। ਸਬੰਧਤ ਲੋਕਾਂ ਨੂੰ ਇਨ੍ਹਾਂ ਨੂੰ ਹਟਾਉਣ ਲਈ ਕਿਹਾ ਗਿਆ। ਸਿਹਤ ਕਾਮਿਆਂ ਵੱਲੋਂ ਲੋਕਾਂ ਨੂੰ ਮਲੇਰੀਆ ਤੇ ਡੇਂਗੂ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਦੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਲਈ ਕਿਹਾ ਗਿਆ ਹੈ। ਉਨਾਂ ਸ਼ਹਿਰ ਵਾਸੀਆਂ ਨੂੰ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਹੀ ਡੇਂਗੂ ਦੀ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।