ਸਿਵਲ ਸਰਜਨ ਪਵਨ ਸ਼ਗੋਤਰਾ ਨੇ ਕੀਤਾ ਸੀਐਚਸੀ ਮੰਡ ਮੰਡੇਰ ਅਤੇ ਆਮ ਆਦਮੀ ਕਲੀਨਿਕ ਮਨਹੋਤਾ ਦਾ ਅਚਨਚੇਤ ਦੌਰ

ਦਸੂਹਾ,(ਰਾਜਦਾਰ ਟਾਇਮਸ): ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਸੀਐਚਸੀ ਮੰਡ ਮੰਡੇਰ ਅਤੇ ਆਮ ਆਦਮੀ ਕਲੀਨਿਕ ਮਨਹੋਤਾ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਪੀਏ ਭੁਪਿੰਦਰ ਸਿੰਘ ਵੀ ਮੌਜੂਦ ਸਨ। ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਸੀਐਚਸੀ ਮੰਡ ਮੰਡੇਰ ਅਤੇ ਆਮ ਆਦਮੀ ਕਲੀਨਿਕ ਮਨਹੋਤਾ ਵਿਖੇ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ.ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ।

ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਸੀਐਚਸੀ ਮੰਡ ਮੰਡੇਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ.ਐਸਪੀ ਸਿੰਘ ਦੇ ਨਾਲ ਵਾਰਡ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਕੀਤੇ ਜਾ ਰਹੇ ਐਕਸਰੇ ਅਤੇ ਤੇ ਲੈਬ ਟੈਸਟਾਂ ਦਾ ਵੀ ਜਾਇਜ਼ ਆ ਲਿਆ। ਉਹਨਾਂ ਦੋਵੇਂ ਸਿਹਤ ਸੰਸਥਾਵਾਂ ਵਿਖੇ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।