ਫ਼ਗਵਾੜਾ,(ਸ਼ਿਵ ਕੋੜਾ): ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਨਗਰ ਨਿਗਮ ਦੇ ਦਫ਼ਤਰ ਦੇ ਸਾਹਮਣੇ ਪਾਰਕ ਵਿੱਚ ਇਕੱਠੇ ਹੋ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਹੰਸ ਰਾਜ ਬੰਗੜ, ਮੋਹਣ ਸਿੰਘ ਭੱਟੀ, ਪਰਮਿੰਦਰ ਪਾਲ ਸਿੰਘ, ਹਰਸਿਮਰਨ ਸਿੰਘ, ਗੁਰਮੁਖ ਲੋਕ ਪ੍ਰੇਮੀ ਦੀ ਅਗਵਾਈ ਹੇਠ ਝੂਠਾਂ ਦੀ ਪੰਡ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਗੋਲ ਚੌਕ ਵਿੱਚ ਜਾ ਕੇ ਫੂਕਿਆ ਗਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ ਕਰਨੈਲ ਸਿੰਘ ਸੰਧੂ, ਗਿਆਨ ਚੰਦ ਨਈਅਰ, ਜਸਵੀਰ ਸਿੰਘ ਸੈਣੀ, ਕੁਲਦੀਪ ਸਿੰਘ ਕੌੜਾ ਆਦਿ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।

ਜਿਵੇਂ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਅਤੇ ਸੋਧੀ ਹੋਈ ਲੀਵ ਇਨਕੈਸ਼ਮੇਂਟ ਨਹੀਂ ਦਿੱਤੀ ਜਾ ਰਹੀ। ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ। ਪੇਂਡੂ ਭੱਤਾ ਤੇ ਮਹਿੰਗਾਈ ਭੱਤੇ ਦੀਆਂ15 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਮਲੀ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ, ਕੱਚੇ, ਠੇਕਾ ਆਧਾਰਤ, ਆਊਟਸੋਰਸ ਅਤੇ ਸਕੀਮ ਵਰਕਰਜ਼ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਜਾ ਰਿਹਾ ਹੈ। ਚੋਣ ਵਾਅਦੇ ਅਨੁਸਾਰ ਮਾਣ ਭੱਤਾ ਮੁਲਾਜ਼ਮਾਂ ਦਾ ਭੱਤਾ ਦੁੱਗਣਾ ਨਹੀਂ ਕੀਤਾ। ਪੇਂਡੂ ਭੱਤੇ ਸਮੇਤ ਸੈਂਤੀ ਪ੍ਰਕਾਰ ਦੇ ਕੱਟੇ ਭੱਤੇ ਬਹਾਲ ਨਹੀਂ ਕੀਤੇ, ਮੈਡੀਕਲ ਭੱਤਾ 2000/-ਰੁਪਏ ਮਹੀਨਾ ਨਹੀਂ ਕੀਤਾ, 200/-ਰੁਪਏ ਮਹੀਨਾ ਜ਼ਬਰੀ ਸਜੀਆਂ ਟੈਕਸ ਕਟੌਤੀ ਬੰਦ ਨਹੀਂ ਕੀਤੀ। ਰੈਗੂਲਰ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ। ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ। ਪਿਛਲੀਆਂ ਹੁਕਮਰਾਨ ਸਰਕਾਰਾਂ ਵੱਲੋਂ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਜਾਰੀ ਕੀਤੇ ਗਏ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਨਹੀਂ ਲਏ ਜਾ ਰਹੇ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਾਰ-ਵਾਰ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਮੁਨਕਰ ਹੋ ਗਏ ਹਨ। ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ 3 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਸਾਧਨਾਂ ਰਾਹੀਂ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਝੰਡਾ ਮਾਰਚ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾ ਕੇ ਨੰਗਾ ਕਰਨਗੇ।