ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਮੁਤਾਬਿਕ ਲੋਕ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਖਾਦਾਂ ਦੀ ਵਧੇਰੇ ਮਾਤਰਾ ਵਿਚ ਵਰਤੋਂ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪਾਉਂਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ) ਦੀ ਵਰਤੋਂ ਮਾਹਿਰਾਂ ਦੀ ਸਲਾਹ ਅਨੁਸਾਰ ਅਤੇ ਫਾਸਫੋਰਸ ਦੀ ਸਪਲਾਈ ਲਈ ਐਨਪੀਕੇ ਅਤੇ ਹੋਰ ਵਿਕਲਪਾਂ ਦੀ ਵੀ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾ ਕੇ ਵੀ ਖਾਦ ਦੀ ਲੋੜ ਨੂੰ ਘਟਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਹੜੀਆਂ ਕਿ ਜ਼ਿਲ੍ਹਿਆਂ ਵਿਚ ਖਾਦ ਵਿਕਰੇਤਾਵਾਂ ’ਤੇ ਨਜ਼ਰ ਰੱਖ ਰਹੀਆਂ ਹਨ ਤਾਂ ਜੋ ਡੀ.ਏ.ਪੀ ਦੇ ਨਾਲ ਕੋਈ ਹੋਰ ਗੈਰ ਜ਼ਰੂਰੀ ਖਾਦ ਜਾਂ ਕੀਟਨਾਸ਼ਕ ਨਾ ਵੇਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਰੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰੋਜਾਨਾ ਆਪਣੇ ਸਟਾਕ ਬੋਰਡ ’ਤੇ ਖਾਦ ਦਾ ਸਟਾਕ ਅਤੇ ਰੇਟ ਲਾਜ਼ਮੀ ਲਿਖਣ।