ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਟੀਮ ਨੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ’ਚ ਜਾ ਕੇ ਪੰਜਾਬੀ ਪ੍ਰਚਾਲਣ ਦੀ ਵਿਸ਼ੇਸ਼ ਚੈਕਿੰਗ ਕੀਤੀ
ਸਰਕਾਰੀ ਦਫ਼ਤਰਾਂ ਨੂੰ ਦਫ਼ਤਰੀ ਕੰਮ ਪੰਜਾਬੀ ’ਚ ਕਰਨ ਦੀ ਕੀਤੀ ਹਦਾਇਤ
ਹੁਸ਼ਿਆਰਪੁਰ,
: ਭਾਸ਼ਾ ਵਿਭਾਗ ਪੰਜਾਬ ਦੇ ਅਧਿਕਾਰੀਆਂ ਦੀ ਟੀਮ ਨੇ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ’ਚ ਜਾ ਕੇ ਦਫ਼ਤਰੀ ਕੰਮ ਪੰਜਾਬੀ ਭਾਸ਼ਾ ’ਚ ਯਕੀਨੀ ਬਨਾਉਣ ਸਬੰਧੀ ਨਿਰਦੇਸ਼ ਦਿੱਤੇ। ਭਾਸ਼ਾ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ-ਵੱਖ ਦਫ਼ਤਰਾਂ ਵਿਚ ਪੰਜਾਬੀ ਵਿਚ ਹੋਣ ਵਾਲੇ ਕੰਮਾਂ ਦਾ ਨਿਰੀਖਣ ਕਰਕੇ ਉਨ੍ਹਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਟੀਮ ਮੈਂਬਰ ਹਰਪ੍ਰੀਤ ਕੌਰ, ਕੰਵਲਜੀਤ ਕੌਰ, ਪ੍ਰਿਤਪਾਲ ਕੌਰ ਸਾਰੇ ਸਹਾਇਕ ਡਾਇਰੈਕਟਰ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਅਤੇ ਨਰਿੰਦਰ ਸਿੰਘ ਤੇ ਜੁਗਲ ਕਿਸ਼ੋਰ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜ਼ਿਲ੍ਹਾ ਨਗਰ ਯੋਜਨਾਕਾਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦੇ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਵਿਚ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ । ਵਿਭਾਗ ਦੇ ਅਧਿਕਾਰੀਆਂ ਨੇ ਇਸ ਦੌਰਾਨ ਪੰਜਾਬੀ ਭਾਸ਼ਾ ਵਿਚ ਪੂਰਾ ਦਫ਼ਤਰੀ ਕੰਮ ਕਰਨ ਵਾਲੇ ਵਿਭਾਗਾਂ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਵਿਭਾਗਾਂ ਵਿਚ ਕੁਝ ਦਫ਼ਤਰੀ ਕੰਮ ਅੰਗਰੇਜ਼ੀ ਭਾਸ਼ਾ ਵਿੱਚ ਪਾਇਆ ਗਿਆ, ਉਨ੍ਹਾਂ ਦਫ਼ਤਰ ਵਿਚ ਸੁਧਾਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਸ ਦੌਰਾਨ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਸਾਰਾ ਦਫ਼ਤਰੀ ਕੰਮ ਪੰਜਾਬੀ ਵਿਚ ਕਰਨ ਅਤੇ ਵੱਧ ਤੋਂ ਵੱਧ ਪੰਜਾਬੀ ਭਾਸ਼ਾ ਦਾ ਪ੍ਰਚਾਰ ਕਰਨ।