ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਰਿਵਾਈਜ਼ਿੰਗ ਅਥਾਰਟੀ ਅਫ਼ਸਰਾਂ ਨੂੰ ਹਦਾਇਤਾਂ ਕੀਤੀਆਂ ਜਾਰੀ

ਕਿਹਾ, ਪ੍ਰਾਪਤ ਹੋਏ ਸ਼ਡਿਊਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਬਣਾਈ ਜਾਵੇ ਯਕੀਨੀ

21 ਅਕਤੂਬਰ ਤੋਂ 15 ਨਵੰਬਰ ਤੱਕ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜਾਰੀ ਕੀਤੇ ਗਏ ਸ਼ਡਿਊਲ ਨੂੰ ਹੁਬਹੂ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਇਸ ਸਬੰਧੀ ਨਿਯੁਕਤ ਸਮੂਹ ਰਿਵਾਈਜ਼ਿੰਗ ਅਥਾਰਟੀ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਵੋਟਰ ਸੂਚੀ ਤਿਆਰ ਕਰਦੇ ਸਮੇਂ ਪ੍ਰਾਪਤ ਹੋਏ ਸ਼ਡਿਊਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।ਪੇਂਡੂ ਖੇਤਰਾਂ ਵਿਚ ਸਬੰਧਤ ਪਟਵਾਰ ਹਲਕੇ ਦੇ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿਚ ਨਗਰ ਨਿਗਮ ਦੇ ਕਰਮਚਾਰੀਆਂ ਦੀਆਂ ਲਿਖਤੀ ਡਿਊਟੀਆਂ ਆਪਣੇ ਪੱਧਰ ’ਤੇ ਲਗਾਈਆਂ ਜਾਣ ਅਤੇ ਲਗਾਏ ਗਏ ਕਰਮਚਾਰੀਆਂ ਦੀ ਸੂਚੀ ਉਨ੍ਹਾਂ ਨੂੰ ਭੇਜੀ ਜਾਵੇ।ਉਨ੍ਹਾਂ ਕਿਹਾ ਕਿ ਸਿਰਫ ਉਨ੍ਹਾਂ ਬਿਨੈਕਾਰਾਂ ਤੋਂ ਹੀ ਫਾਰਮ ਪ੍ਰਾਪਤ ਕੀਤੇ ਜਾਣ, ਜੋ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ 3 ਤਹਿਤ ਫਾਰਮ ਨੰ: 1 ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ। ਫਾਰਮ ਨੰ: 1 ਪ੍ਰਾਪਤ ਕਰਦੇ ਸਮੇਂ ਇਸ ਗੱਲ ਵੱਲ ਖਾਸ ਧਿਆਨ ਦਿੱਤਾ ਜਾਵੇ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ।ਵੋਟਰ ਸੂਚੀ ਦੀ ਤਿਆਰੀ ਲਈ ਲਗਾਏ ਗਏ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਜਾਵੇ ਕਿ ਬਿਨੈਕਾਰ ਪਾਸੋਂ ਫਾਰਮ ਨਿੱਜੀ ਤੌਰ ’ਤੇ ਹੀ ਪ੍ਰਾਪਤ ਕੀਤੇ ਜਾਣ ਅਤੇ ਬੰਡਲਾਂ ਦੇ ਰੂਪ ਵਿਚ ਫਾਰਮ ਬਿਲਕੁਲ ਨਾ ਪ੍ਰਾਪਤ ਕੀਤੇ ਜਾਣ।ਉਨ੍ਹਾਂ ਕਿਹਾ ਕਿ ਆਪਣੇ-ਆਪਣੇ ਅਧੀਨ ਫੀਲਡ ਅਮਲੇ ਰਾਹੀਂ ਉਕਤ ਅਨੁਸਾਰ ਪ੍ਰੋਗਰਾਮ ਨੂੰ ਆਮ ਜਨਤਾ ਦੀ ਜਾਣਕਾਰੀ ਹਿੱਤ ਸਬੰਧ ਪੋਲਿੰਗ ਖੇਤਰਾਂ ਵਿਚ ਉੱਘੀਆਂ ਥਾਵਾਂ ’ਤੇ ਚਸਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਮੁਸ਼ਤਰੀ ਮੁਨਾਦੀ ਕਰਵਾ ਕੇ ਰਪਟ ਰੋਜ਼ਨਾਮਚਾ ਦਰਜ ਕੀਤੀ ਜਾਵੇ। ਵੋਟਰ ਰਜਿਸਟ੍ਰੇਸ਼ਨ ਸਬੰਧੀ ਪ੍ਰਾਪਤ ਕੀਤੇ ਜਾਣ ਵਾਲੇ ਫਾਰਮ ਨੰ: 1 ਦੀ ਹਫ਼ਤਾਵਾਰੀ ਰਿਪੋਰਟ ਪ੍ਰੋਫਾਰਮੇ ਵਿਚ ਪਿੰਡ/ਵਾਰਡ ਵਾਈਜ਼ ਤਿਆਰ ਕਰਕੇ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਭੇਜਣੀ ਯਕੀਨੀ ਜਾਵੇ, ਤਾਂ ਜੋ ਰਿਪੋਰਟ ਸੰਕਲਿਤ ਕਰਦੇ ਮਾਨਯੋਗ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ, ਚੰਡੀਗੜ੍ਹ ਨੂੰ ਭੇਜੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ 2023 ਤੋਂ 4 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 5 ਦਸੰਬਰ 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ।ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ 2024 ਤੱਕ ਦਾਅਵਿਆਂ ਅਤੇ ਇਤਰਾਜਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ।ਇਸ ਤੋਂ ਬਾਅਦ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ।16 ਜਨਵਰੀ 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਸਿੱਖ ਗੁਰਦੁਆਰਾ ਚੋਣਾਂ ਰੂਲਜ਼ 1959 ਦੇ ਰੂਲ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਚੋਣ ਹਲਕੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਚੋਣ ਹਲਕੇ ਵਿਚੋਂ ਬਿਨੈਕਾਰਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ, ਫੈਸਲੇ ਕਰਨ, ਵੋਟਰ ਸੂਚੀ ਤਿਆਰ ਕਰਨ ਅਤੇ ਚੋਣਾਂ ਲਈ ਬਤੌਰ ਰਿਵਾਈਜ਼ਿੰਗ ਅਥਾਰਟੀਜ਼ ਅਤੇ ਇਨ੍ਹਾਂ ਨਾਲ ਬੋਰਡ ਚੋਣ ਹਲਕੇਵਾਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ।

ਹੁਸ਼ਿਆਰਪੁਰ ਵਿਚ ਪੈਂਦੇ ਚੋਣ ਹਲਕਿਆਂ ਲਈ ਨਿਯੁਕਤ ਕੀਤੇ ਗਏ ਰਿਵਾਈਜ਼ਿੰਗ ਅਥਾਰਟੀ ਅਫ਼ਸਰ :

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 111-ਮੁਕੇਰੀਆਂ ਲਈ ਉੱਪ ਮੰਡਲ ਮੈਜਿਸਟ੍ਰੇਟ ਮੁਕੇਰੀਆਂ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਮੁਕੇਰੀਆਂ ਅਤੇ ਨਾਇਬ ਤਹਿਸੀਲਦਾਰ ਹਾਜੀਪੁਰ ਨੂੰ ਲਗਾਇਆ ਗਿਆ ਹੈ।ਇਸੇ ਤਰ੍ਹਾਂ 112-ਦਸੂਹਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਦਸੂਹਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਦਸੂਹਾ ਅਤੇ ਨਾਇਬ ਤਹਿਸੀਲਦਾਰ ਟਾਂਡਾ ਨੂੰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 113-ਸ਼ਾਮ ਚੁਰਾਸੀ ਹਲਕੇ ਲਈ ਸਹਾਇਕ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਭੂੰਗਾ ਅਤੇ ਨਾਇਬ ਤਹਿਸੀਲਦਾਰ ਸ਼ਾਮ ਚੁਰਾਸੀ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ 114-ਹੁਸ਼ਿਆਰਪੁਰ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਹੁਸ਼ਿਆਰਪੁਰ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਹੁਸ਼ਿਆਰਪੁਰ ਅਤੇ ਨਾਇਬ ਤਹਿਸੀਲਦਾਰ ਮਾਹਿਲਪੁਰ ਨੂੰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 115-ਗੜ੍ਹਸ਼ੰਕਰ ਲਈ ਉੱਪ ਮੰਡਲ ਮੈਜਿਸਟ੍ਰੇਟ ਗੜ੍ਹਸ਼ੰਕਰ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਗੜ੍ਹਸ਼ੰਕਰ ਅਤੇ ਨਾਇਬ ਤਹਿਸੀਲਦਾਰ ਗੜ੍ਹਸ਼ੰਕਰ ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫਾਰਮ ਨੰ: 1 ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

Previous articleਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ
Next articleश्मशान भूमि में स्नानगृह का किया उद्घाटन