ਫਗਵਾੜਾ,(ਸ਼ਿਵ ਕੋੜਾ): ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਇਥੇ ਵਿਭਾਗ ਦੇ ਬਲਾਕ ਰਿਸੋਰਸ ਕੋਆਰਡੀਨੇਟਰਾਂ ਦੀਆਂ ਦੋ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਪਾਲਿਸੀ ਮੁਤਾਬਕ ਇਨ੍ਹਾਂ ਮੰਗਾਂ ਸਬੰਧੀ ਆਉਂਦੇ ਸਮੇਂ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਦੋਵਾਂ ਜਥੇਬੰਦੀਆਂ ਦੇ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਆਗੂਆਂ ਨਾਲ ਸਥਾਨਕ ਨਗਰ ਨਿਗਮ ਕੰਪਲੈਕਸ ਵਿਖੇ  ਗੱਲਬਾਤ ਉਪਰੰਤ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੱਸਿਆ ਕਿ ਇਨ੍ਹਾਂ ਰੰਗਾਂ ਸਬੰਧੀ ਪੂਰੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਲਾਕ ਰਿਸੋਰਸ ਕੋਆਰਡੀਨੇਟਰਾਂ ਦੇ ਅਹਿਮ ਮਸਲਿਆਂ ਬਾਬਤ ਪਹਿਲਾਂ ਵੀ ਵਿੱਤ ਵਿਭਾਗ ਕੋਲ ਪਹੁੰਚ ਕੀਤੀ ਗਈ ਸੀ ਅਤੇ ਆਉਂਦੇ ਦਿਨਾਂ ਵਿੱਚ ਮੁੜ ਇਹ ਮੰਗਾਂ ਪ੍ਰਵਾਨ ਕਰਵਾਉਣ ਲਈ ਸਬੰਧਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਰਗ ਦੇ ਜਾਇਜ਼ ਮਸਲਿਆਂ ਦੇ ਫੌਰੀ ਨਿਪਟਾਰੇ ਲਈ ਤਤਪਰ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵੀ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।ਜਥੇਬੰਦੀਆਂ ਦੇ ਆਗੂਆਂ ਵੱਲੋਂ ਆਪਣੀਆਂ ਮੰਗਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੇ ਮਸਲਿਆਂ ਬਾਰੇ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਆਪਣੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਮੇਂ-ਸਮੇਂ ਸਿਰ ਬਣਦਾ ਮਾਣ-ਸਤਿਕਾਰ ਲਾਜ਼ਮੀ ਕੀਤਾ ਜਾਵੇਗਾ  ਮਾਨਸੂਨ ਦੇ ਮੱਦੇਨਜ਼ਰ ਤਿਆਰੀਆਂ ਸਬੰਧੀ ਪੁੱਛੇ ਜਾਣ ’ਤੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਫ਼ਤ ਪ੍ਰਬੰਧਨ ਵਿਭਾਗ ਪੂਰੇ ਸੂਬੇ ਅੰਦਰ ਅਜਿਹੀ ਸਥਿਤੀ ’ਤੇ ਨਜ਼ਰਸਾਨੀ ਕਰ ਰਿਹਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਸੁਚੱਜੇ ਢੰਗ ਨਾਲ ਨਜਿੱਠਿਆ ਜਾ ਸਕੇ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਅਮਿਤ ਤਲਵਾੜ, ਮੁੱਖ ਇੰਜਨੀਅਰ ਜਸਵੀਰ ਸਿੰਘ ਤੋਂ ਜਥੇਬੰਦੀਆਂ ਦੇ ਆਗੂ ਅਤੇ ਅਧਿਕਾਰੀ ਵੀ ਮੌਜੂਦ ਸਨ।

Previous articleਬਰਸਾਤ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਨਿਗਮ ਪ੍ਰਸ਼ਾਸ਼ਨ ਵੱਲੋਂ ਅਗਾਊਂ ਤਿਆਰੀਆਂ ਸ਼ੁਰੂ : ਕਮਿਸ਼ਨਰ ਅਨੁਪਮ ਕਲੇਰ
Next articleਦਫ਼ਤਰ ਭਾਸ਼ਾ ਵਿਭਾਗ ਵੱਲੋਂ ਕਰਵਾਇਆ ਗਿਆ ਕਵੀ ਦਰਬਾਰ