ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀ ਗੰਭੀਰਤਾ ਅਤੇ ਤਨਦੇਹੀ ਨਾਲ ਨਿਭਾਉਣ ਜ਼ਿੰਮੇਵਾਰੀ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਮੀਟਿੰਗ ਕਰਕੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਕਿਹਾ, ਬਰਸਾਤਾਂ ਦੇ ਮੌਸਮ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ਵਿਚ ਕੰਟਰੋਲ ਰੂਮ ਨਿਰੰਤਰ ਰਹਿਣਗੇ ਕਾਰਜਸ਼ੀਲ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਫਲੱਡ ਪ੍ਰੋਟੈਕਸ਼ਨ ਵਰਕ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਇਸ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਕੰਮਾਂ ਦੀ ਸਮੀਖਿਆ ਸਬੰਧੀ ਆਯੋਜਿਤ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਉਨ੍ਹਾਂ ਥਾਵਾਂ ਦੀ ਸ਼ਨਾਖਤ ਕਰਨ, ਜਿਥੇ ਪਾਣੀ ਇਕੱਠਾ ਹੁੰਦਾ ਹੈ ਅਤੇ ਉਥੇ ਪਾਣੀ ਦੀ ਸੁਚਾਰੂ ਨਿਕਾਸੀ  ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਪੰਜਾਬ ਵਲੋਂ ਕੁਝ ਮਹੱਤਵਪੂਰਨ ਵਿਸ਼ਿਆਂ ਸਬੰਧੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੇ ਪ੍ਰਬੰਧਾਂ ਸਬੰਧੀ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਤਹਿਸੀਲ ਪੱਧਰ ’ਤੇ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਸ ਵਿਚ ਤਹਿਸੀਲ ਹੁਸ਼ਿਆਰਪੁਰ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-244175, ਤਹਿਸੀਲ ਗੜ੍ਹਸ਼ੰਕਰ ਦੇ ਕੰਟਰੋਲ ਰੂਮ ਦਾ ਨੰਬਰ 01884-282026, ਤਹਿਸੀਲ ਦਸੂਹਾ ਦੇ ਕੰਟਰੋਲ ਰੂਮ ਦਾ ਨੰਬਰ 01883-506268 ਅਤੇ ਤਹਿਸੀਲ ਮੁਕੇਰੀਆਂ ਦੇ ਕੰਟਰੋਲ ਰੂਮ ਦਾ ਨੰਬਰ 01883-244310 ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਬਰਸਾਤਾਂ ਦੌਰਾਨ ਹੜ੍ਹ ਦੀ ਕੋਈ ਸੂਚਨਾ ਮਿਲਦੀ ਹੈ, ਤਾਂ ਉਹ ਸਥਾਪਿਤ ਕੀਤੇ ਗਏ ਇਨ੍ਹਾਂ ਕੰਟਰੋਲ ਰੂਮਾਂ ’ਤੇ ਇਸ ਦੀ ਸੂਚਨਾ ਤੁਰੰਤ ਦੇਣ। ਇਸ ਤੋਂ ਇਲਾਵਾ ਹੜ੍ਹਾਂ ਸਬੰਧੀ ਕੋਈ ਵੀ ਸੂਚਨਾ ਲੈਣੀ ਹੋਵੇ, ਤਾਂ ਵੀ ਇਨ੍ਹਾਂ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕੋਮਲ ਮਿੱਤਲ ਨੇ ਇਸ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਸੀਵਰੇਜ ਦਾ ਪਾਣੀ ਦਰਿਆ ਵਿਚ ਨਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਜਲ ਜੀਵਨ ਮਿਸ਼ਨ, 15ਵੇਂ ਫਾਈਨਾਂਸ ਕਮਿਸ਼ਨ, ਸਵੱਛ ਭਾਰਤ ਮਿਸ਼ਨ ਤਹਿਤ ਕੀਤੇ ਗਏ ਕੰਮਾਂ ਦੀ ਵੀ ਸਮੀਖਿਆ  ਕੀਤੀ। ਉਨ੍ਹਾਂ ਨੇ ਵਣ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਕਾਮਯਾਬ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਅਤੇ ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Previous articleਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਤੇ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਹੋਈ ਟੇ੍ਰਨਿੰਗ
Next articleजो भी प्रधानमंत्री बनता है, उसे पत्नी के बिना नहीं रहना चाहिए पीएम आवास में,पत्नी के बिना पीएम आवास में रहना गलत : लालू प्रसाद यादव