ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ। ਹਰ ਮਹੀਨੇ ਦੀ 9 ਅਤੇ 23 ਤਾਰੀਖ (ਛੁੱਟੀ ਹੋਣ ਦੀ ਸੂਰਤ ਵਿੱਚ ਅਗਲੇ ਦਿਨ) ਨੂੰ ਆਯੋਜਿਤ ਕੀਤੇ ਜਾਂਦੇ ਇਸ ਦਿਵਸ ਮੌਕੇ ਸਿਹਤ ਸੰਸਥਾਵਾਂ ‘ਤੇ ਗਰਭਵਤੀ ਔਰਤਾਂ ਨੂੰ ਜਣੇਪਾ ਪੂਰਵ ਦੇਖਭਾਲ ਸੇਵਾਵਾਂ, ਜਰੂਰੀ ਟੈਸਟ ਅਤੇ ਇਲਾਜ ਮੁਫਤ ਪ੍ਰਦਾਨ ਕੀਤੇ ਗਏ। ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਮਨਾਏ ਜਾ ਰਹੇ ਇਸ ਦਿਵਸ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਵੱਲੋ ਵਿਸ਼ੇਸ਼ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ ਪਵਨ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ ਮਨਮੋਹਨ ਸਿੰਘ, ਜਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਮੁਹੰਮਦ ਆਸਿਫ ਵੀ ਹਾਜ਼ਰ ਸਨ। ਜਾਣਕਾਰੀ ਸਾਂਝੀ ਕਰਦੇ ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਪੀ.ਐਚ.ਸੀਜ਼, ਸੀ.ਐਚ.ਸੀਜ਼, ਸਬ-ਡਵਿਜ਼ਨਲ ਹਸਪਤਾਲਾਂ ਅਤੇ ਜਿਲ੍ਹਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਆਯੋਜਿਤ ਕੀਤੇ ਗਏ ਜਿਥੇ ਔਰਤ ਰੋਗਾਂ ਦੇ ਮਾਹਰ, ਮੈਡੀਕਲ ਸ਼ਪੈਸਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਵੱਲੋਂ ਏ.ਐਨ.ਸੀ. ਸੇਵਾਵਾਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਇਸ ਅਭਿਆਨ ਤਹਿਤ ਡਾਕਟਰਾਂ ਵੱਲੋਂ ਦੂਸਰੀ ਅਤੇ ਤੀਸਰੀ ਤਿਮਾਹੀ ਵਾਲੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਘੱਟੋ-ਘੱਟ ਇੱਕ ਜਣੇਪਾ ਪੂਰਵ ਜਾਂਚ ਸੁਨਿਸ਼ਚਿਤ ਕੀਤੀ ਜਾਂਦੀ ਹੈ। ਖਾਸ ਕਰ ਹਾਈ ਰਿਸਕ ਗਰਭਵਤੀ ਔਰਤਾਂ ਤੱਕ ਪਹੁੰਚ ਕਰਨਾ ਹੈ। ਡਾ.ਬਲਵਿੰਦਰ ਕੁਮਾਰ ਨੇ ਕਿਹਾ ਕਿ ਇਸ ਦਿਨ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਨ ਕਰਕੇ ਉਹਨਾਂ ਲਈ ਇਲਾਜ ਸੁਵਿਧਾਵਾਂ ਅਤੇ ਉਚਿਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ ਕਿਉਂਕਿ ਇਹਨਾਂ ਨੂੰ ਵਿਸ਼ੇਸ਼ ਦੇਖਭਾਲ ਦੀ ਜਰੂਰਤ ਹੁੰਦੀ ਹੈ। ਹਾਈ ਰਿਸਕ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਦੇਖਭਾਲ ਪ੍ਰਦਾਨ ਕਰਕੇ ਮਾਤਰੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦਿਵਸ ਤੇ ਜਣੇਪਾ ਪੂਰਵ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਸੰਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ।