ਫਗਵਾੜਾ,(ਸ਼ਿਵ ਕੋੜਾ): ਜ਼ਿਲ੍ਹੇ ਦੇ ਕਈ ਪਿੰਡਾਂ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਨ ਅਤੇ ਮਨੁੱਖੀ ਸਿਹਤ ਪੱਖੀ ਸੁਨੇਹਾ ਦੇਣ ਵਾਲੇ ਕਿਸਾਨਾਂ ਨੂੰ ਰਾਹ ਦਸੇਰੇ ਦੱਸਦਿਆਂ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਕਿਹਾ ਕਿ ਅਜਿਹੇ ਪਿੰਡ ਬਾਕੀਆਂ ਲਈ ਚਾਨਣ ਮੁਨਾਰੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਪਿੰਡਾਂ ਅਤੇ ਇੱਥੋਂ ਦੇ ਕਿਸਾਨਾਂ ਦੀ ਸ਼ਲਾਘਾ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੀਆਂ ਟੀਮਾਂ ਨੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਰਾਹੀਂ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਹੈ ਜਿਸਦੇ ਸਿੱਟੇ ਵਜੋਂ ਮਸ਼ੀਨਾਂ ਰਾਹੀਂ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਰੁਝਾਨ ਵਧਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਫੈਸਲਾ ਲੈਂਦਿਆਂ ਬਾਕੀ ਕਿਸਾਨਾਂ ਨੂੰ ਵੀ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਅਜਿਹਾ ਨਾ ਕਰਨ ਦੀ ਤਾਕੀਦ ਕੀਤੀ ਜਿਸਦਾ ਚੰਗਾ ਅਸਰ ਦੇਖਣ ਨੂੰ ਮਿਲਿਆ ਹੈ। ਫਗਵਾੜਾ ਬਲਾਕ ਦੇ ਪਿੰਡ ਭੁੱਲਾ ਰਾਈ ਅਤੇ ਢੱਡੇ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕਈ ਪਿੰਡਾਂ ਨੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਦਿਆਂ ਮਸ਼ੀਨਾਂ ਦੀ ਵਰਤੋਂ ਰਾਹੀਂ ਖੇਤਾਂ ਵਿਚ ਹੀ ਪਰਾਲੀ ਅਤੇ ਫਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਮਲ ਵਿਚ ਲਿਆਂਦਾ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਵਧੀਆਂ ਢੰਗ ਨਾਲ ਸੰਭਾਲਿਆ ਜਾ ਸਕਦਾ ਹੈ। ਪਿੰਡ ਭੁੱਲਾ ਰਾਈ ਦੇ ਸਰਪੰਚ ਹਰਭਜਨ ਸਿੰਘ ਨੇ ਕਿਹਾ ਕਿ ਪਿੰਡ ਵਿਚ 40 ਦੇ ਕਰੀਬ ਕਿਸਾਨਾਂ ਨੇ ਪਰਾਲੀ ਨੂੰ ਵਧੀਆਂ ਢੰਗ ਨਾਲ ਸੰਭਾਲਦੇ ਹੋਏ ਸਮੁੱਚੇ ਪਿੰਡ ਦੇ ਵਾਤਾਵਰਨ ਨੂੰ ਸਾਫ ਰੱਖਣ ਵਿਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਬਾਰੇ ਉਹ ਲਾਗਲੇ ਪਿੰਡਾਂ ਵਿਚ ਵੀ ਪ੍ਰਚਾਰ ਕਰਨਗੇ ਅਤੇ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਬੇਲਰ ਮਸ਼ੀਨਾਂ ਰਾਹੀਂ ਪਰਾਲੀ ਦੀ ਸੰਭਾਲ ਦਾ ਰੁਝਾਨ ਵਧਣ ਨਾਲ ਇਲਾਕੇ ਵਿਚ ਪ੍ਰਦੂਸ਼ਣ ਰਹਿਤ ਵਾਤਾਵਰਨ ਨੂੰ ਬਰਕਰਾਰ ਰੱਖਣ ਦੇ ਉਪਰਾਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਨੇੜਲੇ ਪਿੰਡ ਖਾਟੀ ਵਿਖੇ ਕਿਸਾਨਾਂ ਦੀ ਸਹੂਲਤ ਲਈ ਡੰਪ ਵਿਚ ਬਣਾਇਆ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਡਾ.ਨਰੇਸ਼ ਕੁਮਾਰ ਗੁਲਾਟੀ ਨੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਜ਼ਿਲ੍ਹੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੀਜ਼ਨ ਦੌਰਾਨ ਕਿਸਾਨਾਂ ਵਲੋਂ 537 ਮਸ਼ੀਨਾਂ ਦੀ ਖਰੀਦ ਕੀਤੀ ਜਾਚੁੱਕੀ ਹੈ ਜਿਨ੍ਹਾਂ ਰਾਹੀਂ ਬਹੁਤੇ ਕਿਸਾਨ ਪਰਾਲੀ ਦੀ ਸੰਭਾਲ ਕਰ ਰਹੇ ਹਨ । ਫਗਵਾੜਾ ਦੇ ਬਲਾਕ ਖੇਤੀਬਾੜੀ ਅਫਸਰ ਡਾ.ਪਰਮਜੀਤ ਸਿੰਘ ਨੇ ਕਿਹਾ ਕਿ ਪਿੰਡ ਭੁੱਲਾ ਰਾਈ ਵਿਖੇ 10 ਸੂਪਰਸੀਡਰ ਮਸ਼ੀਨਾਂ ਰਾਹੀਂ ਤਕਰੀਬਨ 600 ਹੈਕਟੇਅਰ ’ਤੇ ਕਣਕ ਬੀਜੀ ਗਈ ਹੈ ਅਤੇ ਬਾਕੀ ਰਕਬੇ ਵਿਚ ਪਿੰਡ ਦੇ ਕਿਸਾਨਾਂ ਵਲੋਂ ਐਕਸ ਸੀਟੂ ਯਾਨੀ ਬੇਲਰ ਦੀ ਵਰਤੋਂ ਨਾਲ ਪਰਾਲੀ ਸਾਂਭੀ ਗਈ ਹੈ। ਇਸੇ ਤਰ੍ਹਾਂ ਪਿੰਡ ਢੱਡੇ ਵਿਚ ਵੀ 600 ਹੈਕਟੇਅਰ ਰਕਬੇ ਵਿਚ ਪਰਾਲੀ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ ਗਿਆ ਹੈ।