ਭਾਜਪਾ ਦੇਸ਼ ਨੂੰ ਇਕਜੁੱਟ ਕਰਨ ਦੀ ਗੱਲ ਕਰਦੀ ਹੈ ਅਤੇ ‘ਆਪ’ ਕਰਦੀ ਹੈ ਤੋੜਨ ਦੀ ਗੱਲ : ਬਾਜਵਾ
ਚੰਡੀਗੜ੍ਹ,(ਰਾਜਦਾਰ ਟਾਇਮਸ): ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਫਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਾਜਪਾ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਰੱਖਣ ਵਾਲੀ ਪਾਰਟੀ ਹੈ ਪਰ ਆਮ ਆਦਮੀ ਪਾਰਟੀ ਦੀ ਸੋਚ ਅਜਿਹੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਦਿੱਤੇ ਬਿਆਨ ਕਿ ਭਾਜਪਾ ਪੰਜਾਬ ਦੇ ਨਾਮ ਨੂੰ ਰਾਸ਼ਟਰੀ ਗਾਣ ਵਿੱਚੋਂ ਹਟਾ ਸਕਦੀ ਹੈ, ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਬਾਜਵਾ ਨੇ ਕਿਹਾ ਕਿ ਅਜਿਹੀ ਸੋਚ ਸਿਰਫ਼ ਆਮ ਆਦਮੀ ਪਾਰਟੀ ਹੀ ਰੱਖ ਸਕਦੀ ਹੈ, ਰਾਸ਼ਟਰਵਾਦੀ ਭਾਜਪਾ ਦੀ ਨਹੀਂ। ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਭਾਜਪਾ ਦੇ ਸੀਨੀਅਰ ਆਗੂ ਨੇ ਚੰਡੀਗੜ ਵਿਖੇ ਦਿੱਤੇ ਬਿਆਨ ਵਿੱਚ ਕਿਹਾ ਕਿ ਭਾਜਪਾ ਹਮੇਸ਼ਾ ਹੀ ਦੇਸ਼ ਨੂੰ ਇਕਜੁੱਟ ਕਰਨ ਦੀ ਗੱਲ ਕਰਦੀ ਹੈ ਅਤੇ ਭਗਵੰਤ ਸਿੰਘ ਮਾਨ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਦੀ ਸੋਚ ਦੇਸ਼ ਨੂੰ ਤੋੜਨ ਵਾਲੀ ਹੈ,ਜੋੜਨ ਵਾਲੀ ਨਹੀਂ ।ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਵਰਗੇ ਜ਼ਿੰਮੇਵਾਰ ਅਹੁਦਿਆਂ ‘ਤੇ ਕਾਬਜ਼ ਆਗੂ ਨੂੰ ਮਾੜੀ ਸਿਆਸਤ ਲਈ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਵੀ ਯਾਦ ਕਰਵਾਇਆ ਕਿ ‘ਜਨ ਗਣ ਮਨ’ ਜਿਸ ਨੂੰ ਉਹ ਵਿਧਾਨ ਸਭਾ ਵਿੱਚ ਰਾਸ਼ਟਰੀ ਗੀਤ ਕਹਿ ਰਹੇ ਸਨ, ਅਸਲ ਵਿੱਚ ਰਾਸ਼ਟਰੀ ਗਾਣ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਦੀ ਗੱਲ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੀ ਬਾਂਹ ਫੜੀ ਹੈ। ਭਾਜਪਾ ਦੇ ਕੇਂਦਰ ਵਿੱਚ ਰਾਜ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ,ਪੰਜਾਬ ਦੇ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਦੇ ਰੂਪ ਵਿੱਚ ਪੈਸਾ ਮਿਲਿਆ, ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵੀਰ ਬਾਲ ਦਿਵਸ ਵੀ ਸ਼ੁਰੂ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪੰਜਾਬ ਆਏ ਸਨ। ਬਾਜਵਾ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਦਿੱਲੀ ਵਾਲੇ ਬੌਸ ਦੇ ਇਸ਼ਾਰੇ ‘ਤੇ ਅਜਿਹੇ ਬਿਆਨ ਦੇਣ ਦੀ ਬਜਾਏ ਸੋਚ ਸਮਝ ਕੇ ਬਿਆਨ ਦੇਣ ਕਿਉਂਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਜਪਾ ਦੀ ਸੋਚ ਪੰਜਾਬ ਪੱਖੀ ਹੈ। ਉਹਨਾ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਤੇ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਦੁਖੀ ਹਨ ਤੇ ਹੁਣ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਘਟੀਆ ਕਿਸਮ ਦੀ ਬਿਆਨਬਾਜੀ ਕਰ ਰਹੇ ਹਨ ,ਜੋ ਬਹੁਤ ਨਿੰਦਨਯੋਗ ਹੈ।