ਚੰਡੀਗੜ੍ਹ,(): ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਸੂਬੇ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਖ਼ਰੀਦ ਬੰਦ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਹਨਾ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੇਰੀ ਨਾਲ ਹੋਣ, ਸਰਦੀਆਂ ਦੀ ਜਲਦੀ ਆਮਦ ਅਤੇ ਸੂਬੇ ਦੇ ਕੁਝ ਹਿੱਸਿਆਂ ‘ਚ ਬੇਮੌਸਮੀ ਬਾਰਸ਼ ਸਮੇਤ ਕਈ ਕਾਰਕਾਂ ਕਾਰਨ ਝੋਨੇ ਦੀ ਵਾਢੀ ਜਾਰੀ ਹੈ। 1559 ਅਨਾਜ ਮੰਡੀਆਂ ਬੰਦ ਹੋਣ ਨਾਲ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ ਕਿਉਂਕਿ ਉਨ੍ਹਾਂ ਕੋਲ ਸੀਮਤ ਸਰੋਤ ਹਨ ਅਤੇ ਉਨ੍ਹਾਂ ਕੋਲ ਝੋਨੇ ਦੀ ਫ਼ਸਲ ਨੂੰ ਸਟੋਰ ਕਰਨ ਲਈ ਜਗ੍ਹਾ ਨਹੀਂ ਹੈ।ਨੈਨੇਵਾਲ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ਘੱਟ ਕੀਮਤ ‘ਤੇ ਵੇਚਣ ਲਈ ਮਜਬੂਰ ਹੋਣਗੇ। ਉਹਨਾਂ ਨੇ ਕਿਹਾ ਕਿ ਪੰਜਾਬ ਭਾਜਪਾ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਰਹੇਗੀ।ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਅਸਮਰਥਾ ਹੈ ਜਿਸ ਕਾਰਨ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਹੋਣਾ ਪਿਆ। ਸਰਕਾਰ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਆਸਾਨੀ ਨਾਲ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ, ਜੋ ਸਬਸਿਡੀ ਵਾਲੀ ਮਸ਼ੀਨਰੀ ਵੀ ਨਹੀਂ ਖ਼ਰੀਦ ਸਕਦੇ। ਇਸ ਤੋਂ ਇਲਾਵਾ ਸਰਕਾਰ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਨਕਦ ਰਿਆਇਤਾਂ ਨਹੀਂ ਦਿੱਤੀਆਂ।