ਫਗਵਾੜਾ,(ਸ਼ਿਵ ਕੋੜਾ): ਪੰਜਾਬ ਦੇ ਵਧੀਕ ਮੁੱਖ ਸਕੱਤਰ (ਕਰ) ਵਿਕਾਸ ਪ੍ਰਤਾਪ ਨੇ ਇਥੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਦੀ ਨਿਰਧਾਰਿਤ ਸਮੇਂ ਵਿੱਚ ਖ਼ਰੀਦ ਅਤੇ ਲਿਫ਼ਟਿੰਗ ਕੀਤੀ ਜਾਵੇਗੀ।ਵਧੀਕ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਹੋਰ ਸਬੰਧਤ ਅਧਿਕਾਰੀਆਂ ਸਮੇਤ ਨਮੀ ਦੀ ਮਾਤਰਾ ਦੀ ਜਾਂਚ ਲਈ ਕਣਕ ਦੀਆਂ ਢੇਰੀਆਂ ਚੈੱਕ ਕੀਤੀਆਂ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਫ਼ਸਲ ਦੀ ਖ਼ਰੀਦ ਸਬੰਧੀ ਗੱਲਬਾਤ ਵੀ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫ਼ਸਲ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਈ ਜਾ ਰਹੀ ਹੈ।ਅਧਿਕਾਰੀਆਂ ਨੇ ਏ.ਸੀ.ਐਸ ਨੂੰ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 278977 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 274548 ਮੀਟ੍ਰਿਕ ਟਨ ਤੋਂ ਵੱਧ ਫ਼ਸਲ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਪੰਚਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਖ਼ਰੀਦ ਦੇ ਬਦਲੇ ਸੌ ਫੀਸਦੀ ਅਦਾਇਗੀ ਤੁਰੰਤ ਟਰਾਂਸਫਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 571.36 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲਿਫ਼ਟਿੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ 75 ਫੀਸਦੀ ਤੋਂ ਵੱਧ ਚੁਕਾਈ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਫਗਵਾੜਾ ਮੰਡੀ ਵਿੱਚ ਫ਼ਸਲ ਦੀ ਸਭ ਤੋਂ ਵੱਧ ਆਮਦ ਅਤੇ ਖ਼ਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਅਨਾਜ ਮੰਡੀ ਵਿੱਚ ਹੁਣ ਤੱਕ 55622 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲ੍ਹੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਏ.ਸੀ.ਐਸ ਵਿਕਾਸ ਪ੍ਰਤਾਪ ਨੇ ਕਿਹਾ ਕਿ ਏਜੰਸੀਆਂ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਚੁਕਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਗੀਦਾਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 44 ਸਥਾਈ ਅਤੇ 33 ਆਰਜ਼ੀ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਜਿਕਰਯੋਗ ਹੈ ਕਿ ਚਾਲੂ ਸੀਜ਼ਨ ਦੌਰਾਨ 378780 ਮੀਟਰਿਕ ਟਨ  ਕੁਇੰਟਲ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਮੌਕੇ ਫਗਵਾੜਾ ਦੇ ਐਸ.ਡੀ.ਐਮ ਜਸ਼ਨਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।