ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਅਤੇ ਵੱਖ-ਵੱਖ ਸਹਿਯੋਗੀ ਵਿਭਾਗਾਂ ਦੇ ਮੁੱਖੀਆਂ ਨਾਲ ਜ਼ਿਲ੍ਹਾ ਪੱਧਰੀ ਡੇਂਗੂ ਤਾਲਮੇਲ ਕਮੇਟੀ ਅਤੇ ਤੰਬਾਕੂ ਕੰਟਰੋਲ ਟਾਸਕ ਫੋਰਸ ਕਮੇਟੀ ਦੀ ਮੀਟਿੰਗ
ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਡੇਂਗੂ ਤਾਲਮੇਲ ਕਮੇਟੀ ਅਤੇ ਤੰਬਾਕੂ ਕੰਟਰੋਲ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਹਤ ਵਿਭਾਗ ਦੇ ਪ੍ਰੋਗਰਾਮ ਅਫ਼ਸਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਸ਼ਾਮਲ ਹੋਏ। ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਡਮਾਣਾ ਦੀ ਅਗਵਾਈ ਵਿੱਚ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਨੇ ਮੀਟਿੰਗ ਦੀ ਰਸਮੀ ਸ਼ੁਰੂਆਤ ਕਰਦੇ ਹੋਏ ਜਿਲ੍ਹੇ ਅੰਦਰ ਚੱਲ ਰਹੀਆਂ ਡੇਂਗੂ ਦੀ ਰੋਕਥਾਮ ਤੇ ਬਚਾਓ ਸੰਬੰਧੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਵੱਲੋਂ ਮਹੀਨੇ ਦੇ ਹਰ ਸ਼ੁਕਵਾਰ ਨੂੰ ਫਰਾਈ ਡੇਅ-ਡਰਾਈ ਡੇਅ ਵਜੋਂ ਮਨਾਉਣ ਲਈ ਪੂਰਣ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੇ ਜਾਣ ਵਾਲੇ ਸਹਿਯੋਗ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਰਚਾ ਕੀਤੀ। ਇਸਦੇ ਨਾਲ ਹੀ ਉਨ੍ਹਾਂ ਤੰਬਾਕੂ ਕੰਟਰੋਲ ਲਈ ਕੋਟਪਾ ਐਕਟ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਕੀਤੀਆਂ ਕਾਰਵਾਈਆਂ ਬਾਰੇ ਵੀ ਦੱਸਿਆ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਡੇਂਗੂ ਅਤੇ ਹੋਰ ਵੈਕਟਰ ਬੌਰਨ ਬੀਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ ਕਿ ਸਿਹਤ ਵਿਭਾਗ ਸਮੇਤ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਅਤੇ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਂਵਾਂ ਆਪਸੀ ਤਾਲਮੇਲ ਨਾਲ ਵੱਧ ਤੋਂ ਵੱਧ ਗਤੀਵਿਧੀਆਂ ਸ਼ੁਰੂ ਕਰਨ। ਸਾਰੇ ਵਿਭਾਗਾਂ ਦੇ ਮੁੱਖੀ ਆਪਣੇ ਅਧਿਕਾਰ ਖੇਤਰਾਂ ਦੀਆਂ ਸੰਸਥਾਵਾਂ ਵਿੱਚ ਇਹ ਸੁਨਿਸ਼ਚਤ ਕਰਨ ਕਿ ਕਿਤੇ ਵੀ ਮੱਛਰ ਪੈਦਾ ਹੋਣ ਦਾ ਕੋਈ ਕਾਰਣ ਨਾ ਬਣੇ। ਉਹ ਨਿੱਜੀ ਤੌਰ ਤੇ ਆਪਣੇ ਦਫਤਰਾਂ ਦਾ ਦੌਰਾ ਜ਼ਰੂਰ ਕਰਨ। ਬੀ.ਡੀ.ਪੀ.ਓਜ਼ ਨੂੰ ਮੁਨਿਆਦੀ ਕਰਵਾਉਣਾ, ਚਲਾਨ ਕਰਨ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਬੱਚਿਆਂ ਨੂੰ ਜਾਗਰੂਕ ਕਰਨ ਲਈ ਕਿਹਾ। ਉਨਾਂ ਜਿਲਾ ਉਦਯੋਗ ਅਫਸਰ ਨੂੰ ਵੱਖ ਵੱਖ ਉਦਯੋਗਾਂ ਵਿੱਚ ਕੰਮ ਕਰ ਰਹੇ ਵਰਕਰਾਂ ਨੂੰ ਡੇਂਗੂ ਬਾਰੇ ਅਵੇਅਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਸ ਕੰਮ ਲਈ ਸ਼ਹਿਰ ਦੀਆਂ ਸਵੇ-ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲੈ ਸਕਦੇ ਹਨ। ਉਨਾਂ ਪੰਚਾਇਤੀ ਰਾਜ ਵਿਭਾਗ ਨੂੰ ਹਰੇਕ ਬਲਾਕ ਪੱਧਰ ਤੇ ਪੰਚਾਂ/ਸਰਪੰਚਾਂ ਦੀ ਬੈਠਕ ਕਰਕੇ ਪਿੰਡਾਂ ਵਿੱਚ ਬੀਮਾਰੀਆਂ ਤੋਂ ਬਚਾ ਅਤੇ ਜਾਗਰੂਕ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ। ਤੰਬਾਕੂ ਦੀ ਰੋਕਥਾਮ ਸੰਬੰਧੀ ਉਨਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਮਾਜਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਤੰਬਾਕੂ ਬਿਕਰੀ ਸਥਾਨਾਂ ਤੇ ਸਾਈਨੇਜ਼ਸ ਚੈੱਕ ਕਰਨ ਅਤੇ ਪਬਲਿਕ ਅਵੇਅਰਨੇਸ ਨੋਟਿਸ ਬੋਰਡ ਲਗਾਏ ਜਾਣ ਅਤੇ ਸਕੂਲਾਂ ਕਾਲਿਜਾਂ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇ । ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਟਪਾ ਐਕਟ (2003) ਦੀਆਂ ਵੱਖ ਵੱਖ ਧਾਰਾਂਵਾ ਦੀ ਉਲਘੰਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਵੀ ਕੀਤੇ ਜਾਣ।